
ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਅਤੇ ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਸਕੱਤਰ ਤੇ ਹਲਕਾ ਇੰਚਾਰਜ ਜਲੰਧਰ ਕੈਂਟ ਸ੍ਰੀ ਦੀਪਕ ਬਾਲੀ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਸ੍ਰੀ ਬਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਸ੍ਰੀ ਗੁਰਤੇਜ ਸਿੰਘ ਖੋਸਾ ਪ੍ਰਸ਼ਾਸਨ ਤਰਫੋ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ।
ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਸਮਾਗਮ ਲੋਕਾਂ ਲਈ ਅਹਿਮ ਸਾਬਤ ਹੋਵੇਗਾ। ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਸਮਾਗਮ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ, ਪਾਰਟੀ ਵਰਕਰਾਂ ਅਤੇ ਵਲੰਟੀਅਰ ਸ਼ਮੂਲੀਅਤ ਕਰਨਗੇ । ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਵਾਲੀ ਥਾਂ ‘ਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੇ ਸਮਾਗਮ ਦੀ ਸਫ਼ਲਤਾ ਲਈ ਪ੍ਰਬੰਧਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਇਸ ਲਈ ਪਾਰਕਿੰਗ, ਆਵਾਜਾਈ ਦੇ ਬਦਲਵੇਂ ਰੂਟਾਂ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਹੋਰ ਮੁੱਢਲੀਆਂ ਸਹੂਲਤਾਂ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਦੇ ਨਾਲ ਹੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਇਆ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਵੀ ਇੱਕ ਅਹਿਮ ਮੌਕਾ ਹੋਵੇਗਾ। ਇਸ ਦੌਰਾਨ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ, ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ ਲਈ ਪਹਿਲਕਦਮੀਆਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹਨ। ਇਨ੍ਹਾਂ ਪਹਿਲਕਦਮੀਆਂ ਦੀ ਜਾਣਕਾਰੀ ਵੀ ਇਸ ਮੰਚ ਰਾਹੀਂ ਲੋਕਾਂ ਤੱਕ ਪਹੁੰਚਾਈ ਜਾਵੇਗੀ।
ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਹੁਣ ਤੱਕ 11 ਲਿਵਰ ਟਰਾਂਸਪਲਾਂਟ ਕੀਤੇ ਜਾ ਚੁੱਕੇ ਹਨ, ਜੋ ਸਰਕਾਰੀ ਸਿਹਤ ਸੇਵਾਵਾਂ ਦੀ ਸਮਰੱਥਾ ਵਿੱਚ ਹੋਏ ਵਾਧੇ ਨੂੰ ਦਰਸਾਉਂਦੇ ਹਨ। ਇਸੇ ਤਰ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਹੁਣ ਤੱਕ 80 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਅੰਤ ਵਿੱਚ ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ, ਤਾਂ ਜੋ 26 ਨਵੰਬਰ ਨੂੰ ਹੋਣ ਵਾਲੇ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।