ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ


ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਕੀਤਾ ਚੋਣ ਅਮਲੇ ਦਾ ਧੰਨਵਾਦ
ਅਧਿਕਾਰੀ ਬੋਲੇ ! ਪ੍ਰਸ਼ਾਸ਼ਨਿਕ ਦਬਾਅ ਬਗੈਰ ਚੋਣਾਂ ਦਾ ਕੰਮ ਕਰਕੇ ਮਿਲੀ ਸੰਤੁਸ਼ਟੀ

ਮੋਗਾ/ਸੰਜੀਵ ਕੁਮਾਰ ਅਰੋੜਾ


ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਮੋਗਾ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦਾ ਕੰਮ ਅਮਨ-ਅਮਾਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ, ਇਹ ਸਭ ਟੀਮ ਦੇ ਸਾਂਝੇ ਸਹਿਯੋਗ ਸਦਕਾ ਸੰਭਵ ਹੋਇਆ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਤਨਦੇਹੀ ਅਤੇ ਅਣਥੱਕ ਤਰੀਕੇ ਨਾਲ ਆਪਣੀਆਂ  ਡਿਊਟੀਆਂ ਕਰਨ ਵਾਲੇ ਨੋਡਲ ਅਫ਼ਸਰਾਂ/ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਹੌਂਸਲਾ ਅਫਜਾਈ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ,  ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਨਿਹਾਲ ਸਿੰਘ ਵਾਲਾ ਸ਼੍ਰੀਮਤੀ ਸਵਾਤੀ, ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਉਚ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਪ੍ਰਸੰਸਾ ਪੱਤਰ ਦੇਣ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਉਨ੍ਹਾਂ ਨੂੰ ਚੋਣ ਡਿਊਟੀ ਦੌਰਾਨ ਪੇਸ਼ ਆਈਆਂ ਮੁਸ਼ਕਲਾਂ ਜਾਂ ਨਵੇਂ ਤਜ਼ਰਬੇ ਵੀ ਸਾਂਝੇ ਕਰਨ ਨੂੰ ਕਿਹਾ। ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਪ੍ਰਸ਼ਾਸ਼ਨਿਕ ਦਬਾਅ ਦੇ ਕੰਮ ਕਰਨ ਦਾ ਮੌਕਾ ਮਿਲਿਆ ਜਿਹੜਾ ਕਿ ਸਿਰਫ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਸੋਚ ਸਦਕਾ ਸੰਭਵ ਹੋਇਆ।ਉਨ੍ਹਾਂ ਵੱਲੋਂ 23 ਨੋਡਲ ਅਫ਼ਸਰਾਂ, ਏ.ਆਰ.ਓਜ਼ ਤੋਂ ਇਲਾਵਾ 112 ਦੇ ਕਰੀਬ ਕਰਮੀਆਂ ਨੂੰ ਪ੍ਰਸੰਸਾ ਪੱਤਰ ਸੌਂਪੇ।


ਨੋਡਲ ਅਫ਼ਸਰਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ  ਉਨ੍ਹਾਂ ਕਿਸੇ ਨੂੰ ਵੀ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਈ। ਸਟਾਫ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਖੁਦ ਫੀਲਡ ਵਿੱਚ ਵਿਚਰ ਕੇ ਚੋਣਾਂ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਿਸ ਕਾਰਨ ਚੋਣਾਂ ਦਾ ਕੰਮ ਆਸਾਨੀ ਨਾਲ ਨੇਪਰੇ ਚੜ੍ਹਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵੋਟਰਾਂ ਦੇ ਨਾਲ-ਨਾਲ ਚੋਣ ਡਿਊਟੀ ਵਿੱਚ ਲੱਗੇ ਅਮਲੇ ਨੂੰ ਵੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਤਾਂ ਕਿ ਭਵਿੱਖ ਵਿੱਚ ਵੀ ਕਰਮਚਾਰੀ ਚੋਣ ਡਿਊਟੀ ਨੂੰ ਤਨਦੇਹੀ ਨਾਲ ਕਰਨ ਲਈ ਤਤਪਰ ਰਹਿਣ। ਉਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *