

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡਾਂ ਵਿੱਚ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਘੱਲ ਕਲਾਂ ਦੀ ਪੱਤੀ ਮੇਹਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪੰਚਾਇਤ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਗੁਰਜੰਟ ਸਿੰਘ, ਬਲਵੰਤ ਸਿੰਘ ਅਤੇ ਭਾਗ ਸਿੰਘ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਅਹਿਮ ਹਿੱਸਾ ਦੱਸਿਆ।

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਨਵੇਂ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਲੋਕ ਸੇਵਾ ਅਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਘੱਲ ਕਲਾਂ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਵੀ ਕੀਤਾ ਗਿਆ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਪਿੰਡ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ-ਦਿਨ ਵੱਡਾ ਹੋ ਰਿਹਾ ਹੈ ਅਤੇ ਲੋਕਾਂ ਦਾ ਮਿਲ ਰਿਹਾ ਪਿਆਰ ਤੇ ਸਮਰਥਨ ਪਾਰਟੀ ਦੀਆਂ ਨੀਤੀਆਂ ਵਿੱਚ ਉਨ੍ਹਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਗੁਰਜੰਟ ਸਿੰਘ, ਬਲਵੰਤ ਸਿੰਘ, ਭਾਗ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਦਿਲੋਂ ਸਵਾਗਤ ਕੀਤਾ। ਇਸ ਮੌਕੇ ਸਰਪੰਚ ਸੁਖਚੈਨ ਸਿੰਘ, ਪੰਚਾਇਤ ਮੈਂਬਰ ਕਰਮਜੀਤ ਸਿੰਘ ਕੰਮਾ, ਪਰਮਪਾਲ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।