ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਸਰਵਣ ਪੁੱਤ ਦੱਸਦਿਆਂ ਦਿੱਤੀਆਂ ਦਿਲੋਂ ਅਸੀਸਾਂ, ਬਜ਼ੁਰਗਾਂ ਦਾ ਪਿਆਰ ਅਤੇ ਸਤਿਕਾਰ ਸਾਡੇ ਲਈ ਪ੍ਰੇਰਨਾ ਦਾ ਸਰੋਤ : ਡਾ. ਅਮਨਦੀਪ ਕੌਰ ਅਰੋੜਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਨਾਲ ਸਬੰਧਤ ਗਤੀਵਿਧੀਆਂ ਤਹਿਤ ਪਿੰਡ ਕੋਰੇਵਾਲਾ ਖੁਰਦ ਵਿਖੇ ਕਰਵਾਈ ਗਈ ਤੀਰਥ ਯਾਤਰਾ ਸਭਾ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਤੀਰਥ ਯਾਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨਾਲ ਯਾਤਰਾ ਸਬੰਧੀ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਤਜਰਬੇ ਤੇ ਸੁਝਾਅ ਵੀ ਸੁਣੇ। ਇਸ ਮੌਕੇ ਪਿੰਡ ਦੇ ਬਜ਼ੁਰਗਾਂ ਅਤੇ ਹੋਰ ਯਾਤਰੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਬਜ਼ੁਰਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਆਪਣਾ ਸਰਵਣ ਪੁੱਤ ਦੱਸਿਆ ਅਤੇ ਦਿਲੋਂ ਅਸੀਸਾਂ ਦਿੱਤੀਆਂ। ਬਜ਼ੁਰਗਾਂ ਵੱਲੋਂ ਦਿੱਤੇ ਗਏ ਇਸ ਪਿਆਰ ਅਤੇ ਸਤਿਕਾਰ ਨੇ ਸਮਾਗਮ ਦੇ ਮਾਹੌਲ ਨੂੰ ਭਾਵੁਕ ਅਤੇ ਯਾਦਗਾਰੀ ਬਣਾ ਦਿੱਤਾ।

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ। ਉਨ੍ਹਾਂ ਦੇ ਤਜਰਬੇ, ਸੇਧ ਅਤੇ ਅਸੀਸਾਂ ਸਮਾਜ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਕੋਰੇਵਾਲਾ ਖੁਰਦ ਵਿਖੇ ਬਜ਼ੁਰਗਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪ੍ਰਤੀ ਦਿਖਾਇਆ ਗਿਆ ਪਿਆਰ ਅਤੇ ਸਤਿਕਾਰ ਬਹੁਤ ਹੀ ਭਾਵੁਕ ਅਤੇ ਮਾਣ ਵਾਲੀ ਗੱਲ ਹੈ।
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਇਹ ਪਿਆਰ, ਸਤਿਕਾਰ ਅਤੇ ਅਸੀਸਾਂ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਦੀਆਂ ਦੁਆਵਾਂ ਨਾਲ ਹੀ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਅੱਗੇ ਵਧਾਉਣ ਦੀ ਤਾਕਤ ਮਿਲਦੀ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਦੀਆਂ ਭਾਵਨਾਵਾਂ, ਲੋੜਾਂ ਅਤੇ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਤੀਰਥ ਯਾਤਰਾ ਸਿਰਫ਼ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੱਕ ਹੀ ਸੀਮਤ ਨਹੀਂ, ਸਗੋਂ ਇਹ ਬਜ਼ੁਰਗਾਂ ਨੂੰ ਧਾਰਮਿਕ ਆਸਥਾ, ਮਾਨਸਿਕ ਸਕੂਨ ਅਤੇ ਆਪਸੀ ਮੇਲ-ਮਿਲਾਪ ਦਾ ਵੀ ਸੁੰਦਰ ਮੌਕਾ ਪ੍ਰਦਾਨ ਕਰਦੀ ਹੈ। ਸਰਕਾਰ ਦਾ ਯਤਨ ਹੈ ਕਿ ਵੱਧ ਤੋਂ ਵੱਧ ਬਜ਼ੁਰਗ ਇਸ ਸਹੂਲਤ ਦਾ ਲਾਭ ਉਠਾ ਸਕਣ ਅਤੇ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਅੰਤ ਵਿੱਚ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਯਾਤਰੀਆਂ ਨੂੰ ਉਨ੍ਹਾਂ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਦਾ ਆਸ਼ੀਰਵਾਦ ਹੀ ਲੋਕ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣ ਦੀ ਸਭ ਤੋਂ ਵੱਡੀ ਤਾਕਤ ਹੈ।