
ਪ੍ਰਕਾਸ਼ ਪੁਰਬ ਮੌਕੇ ਮਾਲਵਿਕਾ ਸੂਦ ਵੱਲੋਂ ਸਮੁੱਚੀ ਲੋਕਾਈ ਨੂੰ ਦਿੱਤੀਆਂ ਵਧਾਈਆਂ

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਕਾਂਗਰਸ ਪਾਰਟੀ ਦੀ ਮੋਗਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਸਮੁੱਚੀ ਲੋਕਾਈ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਸਮੁੱਚੇ ਵਿਸ਼ਵ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਸਾਂਝ, ਸਦਭਾਵਨਾ, ਸੱਚਾਈ ਅਤੇ ਨਿਮਰਤਾ ਦਾ ਸੰਦੇਸ਼ ਦਿੱਤਾ, ਜੋ ਹਰ ਸਮੇਂ ਅਤੇ ਹਰ ਸਮਾਜ ਲਈ ਪ੍ਰਸੰਗਿਕ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ, ਭੇਦਭਾਵ, ਊਚ-ਨੀਚ ਅਤੇ ਅੰਧਵਿਸ਼ਵਾਸ ਵਰਗੀਆਂ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖ ਨੂੰ ਮਨੁੱਖ ਨਾਲ ਪਿਆਰ ਕਰਨ ਅਤੇ ਸਾਰਿਆਂ ਨੂੰ ਬਰਾਬਰ ਸਮਝਣ ਦਾ ਉਪਦੇਸ਼ ਦਿੱਤਾ।

ਗੁਰੂ ਸਾਹਿਬ ਦੀ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀ ਵਿਚਾਰਧਾਰਾ ਸਾਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਪਰਮਾਤਮਾ ਦੀ ਯਾਦ ਵਿਚ ਜੁੜੇ ਰਹਿਣ ਅਤੇ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਰਾਹ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਵੱਖ-ਵੱਖ ਚੁਣੌਤੀਆਂ ਅਤੇ ਵੰਡੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਹੋਰ ਵੀ ਮਹੱਤਵਪੂਰਨ ਹੋ ਜਾਂਦਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੇਵਲ ਧਾਰਮਿਕ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਪਿਆਰ, ਸਹਿਯੋਗ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਅੰਤ ਵਿਚ ਮਾਲਵਿਕਾ ਸੂਦ ਨੇ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਭਾਈਚਾਰਾ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣਾ ਜੀਵਨ ਉਦੇਸ਼ ਬਣਾਉਣ, ਤਾਂ ਜੋ ਇੱਕ ਸੁਖੀ, ਸਦਭਾਵਨਾਪੂਰਨ ਅਤੇ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਸਮੁੱਚੀ ਦੁਨੀਆ ਵਿਚ ਹਮੇਸ਼ਾ ਗੂੰਜਦਾ ਰਹੇਗਾ।