ਸਿਆਸਤ

ਮੋਗਾ ਨੂੰ ਮਿਲੀ ਨਵੀਂ ਪਹਿਚਾਣ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵੇਂ ਬਣੇ ਕਲਾਕ ਟਾਵਰ ਦਾ ਕੀਤਾ ਉਦਘਾਟਨ


ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ : ਡਾ. ਅਮਨਦੀਪ ਕੌਰ ਅਰੋੜਾ


ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਅਤੇ ਮੋਗਾ ਨੂੰ ਨਵੀਂ ਪਹਿਚਾਣ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਨਵੇਂ ਬਣੇ ਮੋਗਾ ਕਲਾਕ ਟਾਵਰ ਦਾ ਅੱਜ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲਾਕ ਟਾਵਰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਹ ਸਿਰਫ਼ ਸਮਾਂ ਦੱਸਣ ਵਾਲਾ ਟਾਵਰ ਨਹੀਂ, ਸਗੋਂ ਮੋਗਾ ਸ਼ਹਿਰ ਦੀ ਸੁੰਦਰਤਾ, ਵਿਕਾਸ ਅਤੇ ਨਵੀਂ ਪਹਿਚਾਣ ਦਾ ਪ੍ਰਤੀਕ ਬਣੇਗਾ। ਕਲਾਕ ਟਾਵਰ ਦੇ ਨਿਰਮਾਣ ਨਾਲ ਸ਼ਹਿਰ ਦੀ ਖੂਬਸੂਰਤੀ ਵਿੱਚ ਚਾਰ ਚੰਨ ਲੱਗਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸ਼ਹਿਰ ਦੇ ਪ੍ਰਮੁੱਖ ਆਕਰਸ਼ਣਾਂ ਵਿੱਚ ਸ਼ਾਮਲ ਹੋਵੇਗਾ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਕੌਂਸਲਰ ਦਵਿੰਦਰ ਤਿਵਾੜੀ, ਕੌਂਸਲਰ ਸੰਜੇ ਸ਼ਰਮਾ, ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਚੇਅਰਮੈਨ ਸੰਜੀਵ ਨਰੂਲਾ, ਪ੍ਰਿੰਸੀਪਲ ਅਰੋੜਾ, ਸੰਜੀਵ ਅਰੋੜਾ, ਕੌਂਸਲਰ ਵਿਕਰਮਜੀਤ ਸਿੰਘ ਸਮੇਤ ਨਗਰ ਨਿਗਮ ਦੇ ਹੋਰ ਕੌਂਸਲਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਵਲੰਟੀਅਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਉਣ ਦਾ ਸੁਪਨਾ ਸਿਰਫ਼ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਨਹੀਂ, ਸਗੋਂ ਪੂਰੇ ਸ਼ਹਿਰ ਵਾਸੀਆਂ ਦਾ ਸਾਂਝਾ ਸੁਪਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਗਰ ਨਿਗਮ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੁੰਦਰੀਕਰਨ ਦੇ ਕਾਰਜਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਵਾਂ ਬਣਿਆ ਕਲਾਕ ਟਾਵਰ ਮੋਗਾ ਦੀ ਸੁੰਦਰਤਾ ਵਿੱਚ ਇੱਕ ਨਵਾਂ ਅਧਿਆਇ ਜੋੜੇਗਾ। ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਲਈ ਵੀ ਇਹ ਖਿੱਚ ਦਾ ਕੇਂਦਰ ਬਣੇਗਾ ਅਤੇ ਮੋਗਾ ਦੀ ਵੱਖਰੀ ਪਹਿਚਾਣ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸਾਡਾ ਯਤਨ ਹੈ ਕਿ ਮੋਗਾ ਨੂੰ ਅਜਿਹਾ ਸ਼ਹਿਰ ਬਣਾਇਆ ਜਾਵੇ, ਜਿੱਥੇ ਸਫ਼ਾਈ, ਸੁੰਦਰਤਾ, ਬਿਹਤਰ ਸਹੂਲਤਾਂ ਅਤੇ ਆਧੁਨਿਕ ਵਿਕਾਸ ਇੱਕੋ ਸਮੇਂ ਦਿਖਾਈ ਦੇਣ।


ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦਾ ਇਹ ਸਫ਼ਰ ਲਗਾਤਾਰ ਜਾਰੀ ਰਹੇਗਾ। ਵਿਕਾਸ ਕਾਰਜਾਂ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਕੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ, ਜਨਤਕ ਜਾਇਦਾਦ ਦੀ ਸੰਭਾਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਬਣਾਈ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸਾਰੇ ਸ਼ਹਿਰ ਵਾਸੀ ਮਿਲ ਕੇ ਸਹਿਯੋਗ ਕਰਨ ਤਾਂ ਮੋਗਾ ਨੂੰ ਪੰਜਾਬ ਦੇ ਸੁੰਦਰ ਅਤੇ ਵਿਕਸਤ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਸਮਾਗਮ ਦੌਰਾਨ ਹਾਜ਼ਰ ਜਨਤਕ ਨੁਮਾਇੰਦਿਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਵੀ ਸ਼ਹਿਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕਲਾਕ ਟਾਵਰ ਦਾ ਉਦਘਾਟਨ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top