ਗੱਠਜੋੜ ਦੀ ਸਰਕਾਰ ਬਣਨ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਵਪਾਰੀਆਂ ਨੂੰ ਮਿਲਣਗੇ ਨਵੇਂ ਮੌਕੇ


ਅੱਜ ਚੰਡੀਗੜ੍ਹ ਵਿਖੇ ਭਾਜਪਾ ਦੇ ਦਫ਼ਤਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਹ ਫ਼ੈਸਲਾ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਨਵਾਂ ਅਧਿਆਏ ਲਿਖੇਗਾ। ਇਸ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ।

ਇਹ ਵਿਚਾਰ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦੇ ਮੈਡੀਕਲ ਸੈੱਲ ਦੇ ਦਫ਼ਤਰ ਵਿਖੇ ਅਕਾਲੀ ਦਲ ਦੇ ਮੋਗਾ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਹੋਰ ਅਕਾਲੀ ਆਗੂਆਂ ਦਾ ਗੱਠਜੋੜ ਹੋਣ ਦੀ ਖ਼ੁਸ਼ੀ ਵਿੱਚ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਸਚਿਨ ਗਰਗ, ਕੌਂਸਲਰ ਵਿੱਕੀ ਸਿਤਾਰਾ, ਭਾਜਪਾ ਦੇ ਸੂਬਾ ਪਬਲੀਸਿਟੀ ਸੈੱਲ ਦੇ ਕੋ-ਕਨਵੀਨਰ ਰਾਹੁਲ ਗਰਗ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਸੁਕੇਸ਼ ਸੂਦ, ਮਜ਼ਦੂਰ ਸੈੱਲ ਪੰਜਾਬ ਦੇ ਸੂਬਾ ਕੋ-ਕਨਵੀਨਰ ਕਮਲ ਘਾਰੂ, ਵਿਜੇ ਮਿਸ਼ਰਾ, ਸੰਜੀਵ ਅਗਰਵਾਲ, ਰਾਜਨ ਸੂਦ, ਉਮਾਕਾਂਤ, ਕਮਲ ਕੁਮਾਰ, ਚੇਤਨ ਸ਼ਰਮਾ, ਇਕਬਾਲ ਸਿੰਘ ਮੰਗੇਵਾਲਾ, ਨਰਿੰਦਰਪਾਲ, ਰਾਜਿੰਦਰ ਗਾਬਾ, ਕੁਲਭੂਸ਼ਣ ਜੈਦਕਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸੁਖਜੀਵਨ ਸਿੰਘ, ਸੁੱਖਾ ਰੌਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਦੇਵ ਆਸ਼ੀਸ਼, ਭੁਪਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਛੇ ਸਾਲ ਬਾਅਦ ਮੁੜ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਗੱਠਜੋੜ ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਬਣਨ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਵਪਾਰੀ ਵਰਗ ਲਈ ਕਾਰੋਬਾਰ ਦੀਆਂ ਸੰਭਾਵਨਾਵਾਂ ਵੀ ਵਧਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਗੱਠਜੋੜ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਜਾਣ ਵਾਲੇ ਵਾਅਦੇ ਬੇਹੱਦ ਮਹੱਤਵਪੂਰਨ ਸਾਬਤ ਹੋਣਗੇ, ਕਿਉਂਕਿ ਇਸ ਗੱਠਜੋੜ ਦਾ ਪਿਛਲਾ ਇਤਿਹਾਸ ਆਪਣੇ ਵਾਅਦਿਆਂ ‘ਤੇ ਖਰਾ ਉਤਰਨ ਵਾਲਾ ਰਿਹਾ ਹੈ। ਪਿਛਲੀਆਂ ਅਕਾਲੀ-ਭਾਜਪਾ ਗੱਠਜੋੜ ਸਰਕਾਰਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਗੱਠਜੋੜ ਨੇ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਕਰਵਾਇਆ ਸੀ। ਇਸ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੜਕਾਂ ਦਾ ਜਾਲ ਵਿਛਾਉਣਾ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਲਾਗੂ ਕਰਨਾ ਪ੍ਰਮੁੱਖ ਕੰਮ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਉਸ ਵਿਕਾਸ ਮਾਡਲ ਨੂੰ ਯਾਦ ਕਰਦੇ ਹਨ। ਉਨ੍ਹਾਂ ਵਿਸ਼ਵਾਸ ਜ਼ਾਹਰ ਕੀਤਾ ਕਿ ਪੰਜਾਬ ਦੇ ਸੂਝਵਾਨ ਵੋਟਰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਨੂੰ ਮੁੜ ਸੇਵਾ ਦਾ ਮੌਕਾ ਜ਼ਰੂਰ ਦੇਣਗੇ।

ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਅਤੇ ਗੱਠਜੋੜ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਹ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਜਾਣ, ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਵਾਰ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਗੱਠਜੋੜ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਹਾਇਕ ਹੋਵੇਗਾ।