
ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐੱਫ.) ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ।

ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ। ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਸ਼ਾਂਤੀ, ਏਕਤਾ ਤੇ ਕੁਰਬਾਨੀ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਧਰਮ, ਨਿਆਂ ਅਤੇ ਦ੍ਰਿੜ੍ਹਤਾ ਦੇ ਮਾਰਗ ’ਤੇ ਚੱਲਣ ਦਾ ਗੁਰੂ ਸਾਹਿਬ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਭਲਾਈ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਮਹਾਨ ਧਰਮ ਰੱਖਿਅਕ, ਸਿੱਖਾਂ ਦੇ ਨੌਵੇਂ ਗੁਰੂ ਅਤੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ ਕਰਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸੱਚ, ਨਿਆਂ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਦੀ ਮਹਾਨ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਗੁਰੂ ਸਾਹਿਬ ਦੀ ਕੁਰਬਾਨੀ ਦੇਸ਼ ਦੀ ਆਤਮਾ ਵਿੱਚ ਵਸੀ ਹੋਈ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਹਿੰਮਤ ਅਤੇ ਇਨਸਾਨੀਅਤ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ।