ਸਿੱਖਿਆ

ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਜਨਜਾਤੀ ਗੌਰਵ ਦਿਵਸ


ਵਿਦਿਆਰਥੀਆਂ ਨੂੰ ਜਾਤੀ ਭੇਦਭਾਵ ਤੋਂ ਦੂਰ ਰਹਿ ਕੇ ਸਮਾਨਤਾ, ਭਾਈਚਾਰੇ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੱਤਾ


ਸਥਾਨਕ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਜਾਤੀ ਗੌਰਵ ਦਿਵਸ ਬੜੇ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਦੇ ਜਨਜਾਤੀ ਸਮਾਜ ਦੇ ਸ਼ਾਨਾਮੱਤੇ ਇਤਿਹਾਸ, ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸਮਾਜਿਕ ਏਕਤਾ, ਸਮਾਨਤਾ ਤੇ ਭਾਈਚਾਰੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਮਾਜ ਵਿੱਚ ਹਰ ਜਾਤੀ, ਭਾਈਚਾਰੇ ਅਤੇ ਵਰਗ ਦਾ ਬਰਾਬਰ ਮਹੱਤਵ ਹੈ। ਕਿਸੇ ਵੀ ਵਿਅਕਤੀ ਦੀ ਪਛਾਣ ਉਸ ਦੀ ਜਾਤੀ ਨਾਲ ਨਹੀਂ, ਸਗੋਂ ਉਸ ਦੇ ਕਰਮਾਂ, ਗਿਆਨ, ਚਰਿੱਤਰ ਅਤੇ ਚੰਗੇ ਸੰਸਕਾਰਾਂ ਨਾਲ ਹੁੰਦੀ ਹੈ।

ਵਿਦਿਆਰਥੀਆਂ ਨੂੰ ਜਾਤੀ ਭੇਦਭਾਵ ਤੋਂ ਦੂਰ ਰਹਿ ਕੇ ਸਾਰਿਆਂ ਨਾਲ ਪਿਆਰ, ਸਤਿਕਾਰ ਅਤੇ ਸਦਭਾਵਨਾ ਵਾਲਾ ਵਿਹਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਨੇ ਵੀ ਸੰਕਲਪ ਲਿਆ ਕਿ ਉਹ ਆਪਣੇ ਚੰਗੇ ਕਰਮਾਂ ਅਤੇ ਚਰਿੱਤਰ ਰਾਹੀਂ ਆਪਣੀ ਪਛਾਣ ਬਣਾਉਣਗੇ ਅਤੇ ਸਮਾਜ ਵਿੱਚ ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਗੇ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਕਿਹਾ ਕਿ ਜਨਜਾਤੀ ਗੌਰਵ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੇ ਜਨਜਾਤੀ ਸਮਾਜ ਦੇ ਸ਼ਾਨਾਮੱਤੇ ਇਤਿਹਾਸ ਅਤੇ ਉਨ੍ਹਾਂ ਦੇ ਅਨਮੋਲ ਯੋਗਦਾਨ ਤੋਂ ਜਾਣੂ ਕਰਵਾਉਣਾ ਹੈ। ਜਨਜਾਤੀ ਸਮਾਜ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਰਾਸ਼ਟਰ ਨਿਰਮਾਣ ਤੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸੇ ਵੀ ਮਨੁੱਖ ਦੀ ਅਸਲ ਪਛਾਣ ਉਸ ਦੀ ਜਾਤੀ ਜਾਂ ਭਾਈਚਾਰਾ ਨਹੀਂ, ਸਗੋਂ ਉਸ ਦੇ ਕਰਮਾਂ, ਗਿਆਨ, ਚਰਿੱਤਰ ਅਤੇ ਵਿਹਾਰ ਨਾਲ ਬਣਦੀ ਹੈ। ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਅਜਿਹੀ ਸਿੱਖਿਆ ਦੇਣਾ ਜ਼ਰੂਰੀ ਹੈ, ਜਿਸ ਨਾਲ ਉਨ੍ਹਾਂ ਅੰਦਰ ਸਮਾਜਿਕ ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖਤਾ ਦੀ ਭਾਵਨਾ ਮਜ਼ਬੂਤ ਹੋਵੇ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਨਾਲ ਭਰਪੂਰ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਘਰ ਅਤੇ ਸਕੂਲ ਦੋਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੇ ਵਿਹਾਰ ਤੋਂ ਬਹੁਤ ਕੁਝ ਸਿੱਖਦੇ ਹਨ।

ਇਸ ਲਈ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਮਿਲ ਕੇ ਬੱਚਿਆਂ ਵਿੱਚ ਸਕਾਰਾਤਮਕ ਸੋਚ, ਉੱਚੇ ਸੰਸਕਾਰ, ਅਗਵਾਈ ਦੀ ਯੋਗਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਭਵਿੱਖ ਵਿੱਚ ਵੀ ਅਜਿਹੇ ਵਿਦਿਅਕ ਅਤੇ ਸਮਾਜਿਕ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗਾ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਏਕਤਾ, ਭਾਈਚਾਰੇ, ਸਮਾਨਤਾ ਅਤੇ ਸਾਰੇ ਭਾਈਚਾਰਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਹਮੇਸ਼ਾ ‘ਕਦਰਾਂ-ਕੀਮਤਾਂ ਆਧਾਰਿਤ ਸਿੱਖਿਆ’ ਦੇ ਸਿਧਾਂਤ ’ਤੇ ਚੱਲਦਿਆਂ ਵਿਦਿਆਰਥੀਆਂ ਦੇ ਵਿਦਿਅਕ, ਨੈਤਿਕ ਅਤੇ ਸਮਾਜਿਕ ਵਿਕਾਸ ਨੂੰ ਪਹਿਲ ਦਿੰਦਾ ਆਇਆ ਹੈ।

Click to comment

Leave a Reply

Your email address will not be published. Required fields are marked *

Most Popular

To Top