ਮੋਗਾ

ਮੋਗਾ ’ਚ 70 ਸਾਲਾ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ, ਪੁੱਤਰ ’ਤੇ ਸ਼ੱਕ ਜਤਾਇਆ



ਤਿੰਨ ਗੋਲੀਆਂ ਚੱਲਣ ਦੀ ਪੁਲਿਸ ਵੱਲੋਂ ਪੁਸ਼ਟੀ, ਮੌਕੇ ’ਤੇ ਪਹੁੰਚ ਕੇ ਜਾਂਚ ’ਚ ਜੁਟੀ ਪੁਲਿਸ


ਮੋਗਾ ਵਿੱਚ ਅੱਜ ਸਵੇਰੇ ਇੱਕ ਸਨਸਨੀਖੇਜ਼ ਕਤਲ ਦੀ ਘਟਨਾ ਸਾਹਮਣੇ ਆਈ ਹੈ। ਇੱਥੇ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਮ੍ਰਿਤਕ ਦੇ ਪੁੱਤਰ ’ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਵੀਡਿਓ ਨੂੰ ਕਲਿੱਕ ਕਰੋ ਜੀ



ਕੌਂਸਲਰ ਨੇ ਕੀ ਦੱਸੀ ਪੂਰੀ ਘਟਨਾ?

ਮੌਕੇ ’ਤੇ ਪਹੁੰਚੇ ਕੌਂਸਲਰ ਅਰਵਿੰਦਰ ਸਿੰਘ ਕਾਨਪੁਰੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 9:30 ਵਜੇ ਕੁਲਦੀਪ ਸਿੰਘ ਦੇ ਕਤਲ ਸਬੰਧੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।



ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੀ ਪਤਨੀ ਸਰੀਰਕ ਤੌਰ ’ਤੇ ਚੱਲਣ-ਫਿਰਨ ਤੋਂ ਅਸਮਰੱਥ ਹੈ ਅਤੇ ਕੁਲਦੀਪ ਸਿੰਘ ਹੀ ਉਨ੍ਹਾਂ ਦੀ ਦੇਖਭਾਲ ਕਰਦੇ ਸਨ। ਉਨ੍ਹਾਂ ਮੁਤਾਬਕ ਕੁਲਦੀਪ ਸਿੰਘ ਨੇ ਆਪਣੇ ਪੁੱਤਰ ਨੂੰ ਜਾਇਦਾਦ ਅਤੇ ਪਰਿਵਾਰਕ ਮਾਮਲਿਆਂ ਦੇ ਚੱਲਦਿਆਂ ਬੇਦਖਲ ਕੀਤਾ ਹੋਇਆ ਸੀ ਅਤੇ ਪੁੱਤਰ ਵੱਖ ਰਹਿ ਰਿਹਾ ਸੀ। ਦੋ ਦਿਨ ਪਹਿਲਾਂ ਵੀ ਪੁੱਤਰ ਘਰ ਆਇਆ ਸੀ, ਪਰ ਅੱਜ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਪੁੱਤਰ ਉੱਥੇ ਮੌਜੂਦ ਨਹੀਂ ਸੀ।

ਪੁਲਿਸ ਨੇ ਕੀਤੀ ਤਿੰਨ ਗੋਲੀਆਂ ਚੱਲਣ ਦੀ ਪੁਸ਼ਟੀ

ਉੱਧਰ, ਜਾਂਚ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਰਦਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਤਿੰਨ ਗੋਲੀਆਂ ਚੱਲੀਆਂ ਹਨ ਅਤੇ ਕੁਲਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ।



ਥਾਣਾ ਮੁਖੀ ਨੇ ਕਿਹਾ ਕਿ ਪਰਿਵਾਰਕ ਮੈਂਬਰ ਇਸ ਸਮੇਂ ਸਦਮੇ ਵਿੱਚ ਹਨ। ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਜਾਂਚ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਅਤੇ ਇਸ ਘਟਨਾ ਵਿੱਚ ਸ਼ਾਮਲ ਵਿਅਕਤੀ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

Click to comment

Leave a Reply

Your email address will not be published. Required fields are marked *

Most Popular

To Top