ਸਿਆਸਤ

ਭਾਜਪਾ-ਅਕਾਲੀ ਗੱਠਜੋੜ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ


ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਸਰਹੱਦਾਂ ’ਤੇ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਪੰਜਾਬ ਕਦੇ ਨਹੀਂ ਭੁੱਲ ਸਕਦਾ : ਮਾਲਵਿਕਾ ਸੂਦ


ਪੰਜਾਬ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਹੋਏ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦਿਸ਼ਾਹੀਣ, ਤਰਕਹੀਣ ਅਤੇ ਮੌਕਾਪ੍ਰਸਤ ਸਿਆਸਤ ਦਾ ਪ੍ਰਤੀਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਗੱਠਜੋੜ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੇ ਵੋਟ ਦੇ ਅਧਿਕਾਰ ਰਾਹੀਂ ਇਸ ਸਬੰਧੀ ਆਪਣਾ ਫੈਸਲਾ ਸੁਣਾਉਣਗੇ। ਮਾਲਵਿਕਾ ਸੂਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2020 ਵਿਚ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਨੂੰ ਛੱਡਣ ਦਾ ਫੈਸਲਾ ਕੀਤਾ ਸੀ।

ਉਸ ਸਮੇਂ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਭਾਜਪਾ ਨਾਲੋਂ ਸਿਆਸੀ ਸਾਂਝ ਤੋੜੀ ਗਈ ਸੀ। ਉਨ੍ਹਾਂ ਸਵਾਲ ਕੀਤਾ ਕਿ ਹੁਣ ਅਜਿਹਾ ਕੀ ਬਦਲ ਗਿਆ ਹੈ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋ ਗਈਆਂ ਹਨ।ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਪੰਜਾਬ ਦੇ ਇਤਿਹਾਸ ਦਾ ਇਕ ਅਹਿਮ ਅਤੇ ਭਾਵਨਾਤਮਕ ਅਧਿਆਇ ਹੈ। ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਲੰਮੇ ਸੰਘਰਸ਼ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ। ਇਨ੍ਹਾਂ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਹੱਕਾਂ ਦੀ ਰਾਖੀ ਲਈ ਲੰਮਾ ਸੰਘਰਸ਼ ਲੜਿਆ ਅਤੇ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕੀਤਾ। ਅਜਿਹੇ ਵਿਚ ਅਕਾਲੀ ਦਲ ਵੱਲੋਂ ਮੁੜ ਭਾਜਪਾ ਨਾਲ ਗੱਠਜੋੜ ਕਰਨ ਦੇ ਫੈਸਲੇ ’ਤੇ ਸਵਾਲ ਉੱਠਣੇ ਸੁਭਾਵਿਕ ਹਨ।

ਮਾਲਵਿਕਾ ਸੂਦ ਨੇ ਕਿਹਾ ਕਿ ਜਿਹੜੀਆਂ ਸਿਆਸੀ ਪਾਰਟੀਆਂ ਕੱਲ੍ਹ ਤੱਕ ਇਕ-ਦੂਜੇ ਦੀਆਂ ਨੀਤੀਆਂ ਅਤੇ ਫੈਸਲਿਆਂ ਦੀ ਖੁੱਲ੍ਹ ਕੇ ਆਲੋਚਨਾ ਕਰਦੀਆਂ ਸਨ, ਅੱਜ ਉਹੀ ਪਾਰਟੀਆਂ ਮੁੜ ਇਕ ਮੰਚ ’ਤੇ ਆ ਕੇ ਗੱਠਜੋੜ ਕਰ ਰਹੀਆਂ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਪਾਰਟੀਆਂ ਦੀ ਸਿਆਸਤ ਵਿਚ ਸਿਧਾਂਤਾਂ ਅਤੇ ਲੋਕ ਹਿੱਤਾਂ ਨਾਲੋਂ ਸੱਤਾ ਦੀ ਲਾਲਸਾ ਨੂੰ ਵਧੇਰੇ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਸਿਆਸੀ ਪਾਰਟੀਆਂ ਦੀਆਂ ਨੀਤੀਆਂ, ਪੁਰਾਣੇ ਫੈਸਲਿਆਂ ਅਤੇ ਬਦਲਦੇ ਰੁਖ਼ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸਿਰਫ਼ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਗੱਠਜੋੜ ਨਾਲ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਪੰਜਾਬ ਨੂੰ ਅਜਿਹੀ ਸਿਆਸਤ ਦੀ ਲੋੜ ਹੈ, ਜਿਹੜੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇ। ਅਖੀਰ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਨਾਲ ਕਾਂਗਰਸ ਪਾਰਟੀ ਦੀ ਸਿਆਸੀ ਸਥਿਤੀ ’ਤੇ ਕੋਈ ਫਰਕ ਨਹੀਂ ਪੈਣ ਵਾਲਾ। ਪੰਜਾਬ ਵਾਸੀ ਸਾਲ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇ ਕੇ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣਗੇ।

Click to comment

Leave a Reply

Your email address will not be published. Required fields are marked *

Most Popular

To Top