
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਦੀ ਪ੍ਰਧਾਨਗੀ ਹੇਠ ਕੈਂਪਸ-1 ਅਤੇ ਕੈਂਪਸ-2 ਦੇ ਅਧਿਆਪਕਾਂ ਨਾਲ ਸਿੱਖਿਆ ਦੀ ਗੁਣਵੱਤਾ ਅਤੇ ਖੋਜ ਸਬੰਧੀ ਇੱਕ ਆਨਲਾਈਨ ਰਿਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਭ ਤੋਂ ਪਹਿਲਾਂ ਚੇਅਰਮੈਨ ਪ੍ਰਵੀਨ ਗਰਗ ਅਤੇ ਸਮੂਹ ਸਟਾਫ਼ ਦਾ ਸਵਾਗਤ ਕਰਦਿਆਂ ਮੀਟਿੰਗ ਦੇ ਮੁੱਖ ਏਜੰਡੇ ਬਾਰੇ ਜਾਣਕਾਰੀ ਦਿੱਤੀ ਅਤੇ ਸੰਸਥਾ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਮੁੱਖ ਤੌਰ ’ਤੇ ਫਾਰਮੇਸੀ ਕੌਂਸਲ ਆਫ਼ ਇੰਡੀਆ (PCI) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਖੋਜ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਡੀਨਾਂ ਡਾ. ਸ਼ਮਸ਼ੇਰ ਸਿੰਘ, ਡਾ. ਜਸਪ੍ਰੀਤ ਇੰਦਰ ਸਿੰਘ, ਡਾ. ਜੀ.ਐੱਸ. ਸ਼ਰਮਾ, ਡਾ. ਸਿਧਾਰਥ ਮਹਿਨ, ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਖੜਗ ਰਾਜ, ਡਾ. ਵਿਵੇਕ ਅਸਾਠੀ, ਡਾ. ਅਮਨਦੀਪ ਸਿੰਘ, ਸਾਨੀਆ ਗਰੋਵਰ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ ਆਈ.ਐੱਸ.ਐੱਫ.ਸੀ.ਪੀ.ਆਰ. ਦੇ ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ ਨੇ ਸੰਸਥਾ ਵਿੱਚ ਚੱਲ ਰਹੀਆਂ ਗੁਣਵੱਤਾਪੂਰਨ ਸਿੱਖਿਆ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਡਾਊਟ ਕਲਾਸਾਂ ਦਾ ਨਿਯਮਿਤ ਆਯੋਜਨ ਨਾ ਸਿਰਫ਼ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰਦਾ ਹੈ, ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਵਿਦਿਆਰਥੀਆਂ ਦੀ ਬਿਹਤਰ ਅਕਾਦਮਿਕ ਕਾਰਗੁਜ਼ਾਰੀ ਵਾਸਤੇ ਆਨਲਾਈਨ ਡਾਊਟ ਕਲਾਸਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਸਿੱਖਿਆ ਅਤੇ ਖੋਜ ਦੇ ਮਿਆਰ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਅਨੁਸ਼ਾਸਨ, ਗੁਣਵੱਤਾਪੂਰਨ ਸਿੱਖਿਆ ਅਤੇ ਖੋਜ ਕਾਰਜਾਂ ਲਈ ਪੂਰੇ ਦੇਸ਼ ਵਿੱਚ ਆਪਣੀ ਵਿਸ਼ੇਸ਼ ਪਛਾਣ ਰੱਖਦਾ ਹੈ। ਇਸ ਮਿਆਰ ਨੂੰ ਕਾਇਮ ਰੱਖਣਾ ਹਰੇਕ ਅਧਿਆਪਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੇ ਮੌਜੂਦਾ ਦੌਰ ਵਿੱਚ ਸਾਨੂੰ ਕਈ ਮਹੱਤਵਪੂਰਨ ਪਹਿਲੂਆਂ ’ਤੇ ਕੰਮ ਕਰਨ ਦੀ ਲੋੜ ਹੈ। ਇਸ ਵਿੱਚ ਆਧੁਨਿਕ ਤਕਨਾਲੋਜੀ ਦੀ ਵਰਤੋਂ, ਨਵੀਆਂ ਮਸ਼ੀਨਾਂ ਦੀ ਕਾਰਜਪ੍ਰਣਾਲੀ ਦੀ ਸਮਝ, ਵੱਖ-ਵੱਖ ਸਾਫਟਵੇਅਰਾਂ ਦੀ ਜਾਣਕਾਰੀ ਅਤੇ ਦੇਸ਼-ਵਿਦੇਸ਼ ਵਿੱਚ ਹੋ ਰਹੀਆਂ ਨਵੀਆਂ ਤਕਨੀਕੀ ਤਰੱਕੀਆਂ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਸ਼ਾਮਲ ਹੈ।

ਉਨ੍ਹਾਂ ਨੇ ਪਲੇਸਮੈਂਟ ਲਈ ਵਿਦਿਆਰਥੀਆਂ ਨੂੰ ਨਿਰੰਤਰ ਸਿਖਲਾਈ ਦੇਣ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ (Moral Values) ਵਿਕਸਿਤ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਚੇਅਰਮੈਨ ਪ੍ਰਵੀਨ ਗਰਗ ਨੇ ਸੰਸਥਾ ਦੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਸਿੱਖਿਆ ਤੇ ਖੋਜ ਦੇ ਉੱਚ ਮਿਆਰ ਨੂੰ ਬਰਕਰਾਰ ਰੱਖਣ ਲਈ ਸਮੂਹ ਸਟਾਫ਼ ਨੂੰ ਪ੍ਰੇਰਿਤ ਕੀਤਾ। ਮੀਟਿੰਗ ਦੇ ਅੰਤ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।