ਸਿੱਖਿਆ

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਸੰਵਿਧਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਚੁਕਾਈ ਸਹੁੰ,


ਸੰਵਿਧਾਨ ਸਾਡੇ ਲੋਕਤੰਤਰ ਦੀ ਮਜ਼ਬੂਤ ਨੀਂਹ ਅਤੇ ਹਰੇਕ ਨਾਗਰਿਕ ਦੇ ਅਧਿਕਾਰਾਂ ਦਾ ਰਖਵਾਲਾ : ਚੇਅਰਮੈਨ ਪ੍ਰਵੀਨ ਗਰਗ

ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਸ਼ਾਨਾਮੱਤੇ ਇਤਿਹਾਸ, ਇਸ ਦੇ ਨਿਰਮਾਣ ਦੀ ਪ੍ਰਕਿਰਿਆ, ਲੋਕਤੰਤਰੀ ਵਿਵਸਥਾ ਅਤੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਦੌਰਾਨ ਖੋਜ ਅਤੇ ਵਿਕਾਸ ਵਿਭਾਗ ਦੇ ਡੀਨ ਅਤੇ ਫਾਰਮਾਕੋਲੋਜੀ ਵਿਭਾਗ ਦੇ ਮੁਖੀ ਡਾ. ਸ਼ਮਸ਼ੇਰ ਸਿੰਘ, ਫਾਰਮਾਸਿਊਟੀਕਲ ਕੈਮਿਸਟਰੀ ਐਂਡ ਐਨਾਲਿਸਿਸ ਵਿਭਾਗ ਦੇ ਮੁਖੀ ਡਾ. ਸੰਤ ਕੁਮਾਰ ਵਰਮਾ, ਫਾਰਮੇਸੀ ਪ੍ਰੈਕਟਿਸ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ, ਫਾਰਮਾਸਿਊਟਿਕਸ ਵਿਭਾਗ ਦੇ ਮੁਖੀ ਡਾ. ਭੀਮਾਕਿਰਣ, ਡਾ. ਸਿਧਾਰਥ ਮਹਿਨ, ਡਾ. ਨਿਧੀ ਗੁਪਤਾ, ਡਾ. ਬਾਲਕ ਦਾਸ ਕੁਰਮੀ, ਰੋਮਨਪ੍ਰੀਤ ਕੌਰ ਅਤੇ ਸਾਂਚੀ ਜੈਨ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦਾ ਅਧਿਕਾਰ ਪ੍ਰਦਾਨ ਕਰਦਾ ਹੈ। ਸੰਵਿਧਾਨ ਰਾਹੀਂ ਹੀ ਦੇਸ਼ ਦੀ ਸ਼ਾਸਨ ਵਿਵਸਥਾ ਚਲਾਈ ਜਾਂਦੀ ਹੈ ਅਤੇ ਹਰੇਕ ਨਾਗਰਿਕ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ 26 ਨਵੰਬਰ, 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ ਅਤੇ 26 ਜਨਵਰੀ, 1950 ਨੂੰ ਇਸ ਨੂੰ ਲਾਗੂ ਕੀਤਾ ਗਿਆ। ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ਹੇਠ ਸੰਵਿਧਾਨ ਦੀ ਖਰੜਾ ਕਮੇਟੀ ਨੇ ਇਸ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸੰਵਿਧਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਨਾਗਰਿਕਾਂ ਵਿੱਚ ਸੰਵਿਧਾਨਕ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਤੰਤਰੀ ਆਦਰਸ਼ਾਂ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਕਰਨਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਇਹ ਹਰੇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਵਿੱਚ ਨਿਆਂ, ਸਮਾਨਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਨੂੰ ਸਿਰਫ਼ ਇੱਕ ਵਿਸ਼ੇਸ਼ ਦਿਵਸ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਸ ਦੇ ਆਦਰਸ਼ਾਂ ਨੂੰ ਆਪਣੇ ਵਿਹਾਰ ਅਤੇ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ ਅਤੇ ਜੇਕਰ ਨੌਜਵਾਨ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਗੇ ਤਾਂ ਦੇਸ਼ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ, ਧਰਮ ਅਤੇ ਖੇਤਰੀ ਭੇਦਭਾਵ ਤੋਂ ਉੱਪਰ ਉੱਠ ਕੇ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੇ ਨਿਰਮਾਣ ਵਿੱਚ ਆਪਣੀ ਹਾਂ-ਪੱਖੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਵਿਧਾਨ ਹਰੇਕ ਭਾਰਤੀ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ, ਆਪਣੇ ਵਿਚਾਰ ਪ੍ਰਗਟਾਉਣ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਕਰਨ ਦਾ ਅਧਿਕਾਰ ਦਿੰਦਾ ਹੈ। ਇਸ ਦੇ ਨਾਲ ਹੀ ਹਰੇਕ ਨਾਗਰਿਕ ਦਾ ਇਹ ਫਰਜ਼ ਵੀ ਹੈ ਕਿ ਉਹ ਦੇਸ਼ ਦੇ ਕਾਨੂੰਨਾਂ ਦਾ ਸਤਿਕਾਰ ਕਰੇ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਤੇ ਅਨੁਸ਼ਾਸਨ ਬਣਾਈ ਰੱਖਣ ਵਿੱਚ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਚੰਗੇ ਸੰਸਕਾਰਾਂ, ਸਮਾਜਿਕ ਜ਼ਿੰਮੇਵਾਰੀਆਂ ਅਤੇ ਕੌਮੀ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ ਵਿੱਚ ਦਰਜ ਲੋਕਤੰਤਰੀ ਆਦਰਸ਼ਾਂ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਇਮਾਨਦਾਰੀ, ਸਮਾਨਤਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਪਹਿਲ ਦੇਣ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਸਹੁੰ ਚੁਕਾਉਂਦਿਆਂ ਇਸ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਨੌਜਵਾਨਾਂ ਵਿੱਚ ਸਮਾਜਿਕ ਚੇਤਨਾ ਅਤੇ ਕੌਮੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਅਤੇ ਮੌਲਿਕ ਫਰਜ਼ਾਂ ਦਾ ਅਧਿਐਨ ਕਰਨ ਅਤੇ ਇੱਕ ਜਾਗਰੂਕ ਨਾਗਰਿਕ ਵਜੋਂ ਸਮਾਜ ਨੂੰ ਹਾਂ-ਪੱਖੀ ਦਿਸ਼ਾ ਦੇਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਵਿਧਾਨ ਦੇ ਆਦਰਸ਼ਾਂ ਦੀ ਪਾਲਣਾ ਕਰਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨ ਅਤੇ ਸਮਾਜ ਵਿੱਚ ਸਮਾਨਤਾ, ਭਾਈਚਾਰਾ ਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁੱਕੀ। ਇਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸੰਵਿਧਾਨ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।

Click to comment

Leave a Reply

Your email address will not be published. Required fields are marked *

Most Popular

To Top