
ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੋਕਤੰਤਰ ਦੀ ਮਜ਼ਬੂਤੀ, ਨਿਰਪੱਖ ਚੋਣਾਂ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸਹੁੰ ਚੁਕਵਾਈ। ਇਸ ਸਹੁੰ ਰਾਹੀਂ ਸਾਰਿਆਂ ਨੇ ਲੋਕਤੰਤਰ ਦੀ ਮਹੱਤਤਾ ਨੂੰ ਸਮਝਦਿਆਂ ਇੱਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਨ ਦਾ ਪ੍ਰਣ ਲਿਆ। ਸਹੁੰ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਲੋਕਤੰਤਰੀ ਪਰੰਪਰਾਵਾਂ ਅਤੇ ਮਰਿਆਦਾਵਾਂ ਨੂੰ ਕਾਇਮ ਰੱਖਣ, ਅਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਬਣਾਈ ਰੱਖਣ ਅਤੇ ਹਰ ਚੋਣ ਵਿੱਚ ਬਿਨਾਂ ਕਿਸੇ ਡਰ, ਭੈਅ, ਧਰਮ, ਜਾਤ, ਵਰਗ, ਭਾਸ਼ਾ ਜਾਂ ਕਿਸੇ ਵੀ ਤਰ੍ਹਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਕਲਪ ਲਿਆ।

ਇਸ ਦੇ ਨਾਲ ਹੀ ਸਾਰਿਆਂ ਨੇ ਭਾਰਤ ਦੇ ਸੰਵਿਧਾਨ ਦਾ ਸਤਿਕਾਰ ਕਰਨ ਅਤੇ ਇਸ ਵਿੱਚ ਦਰਜ ਨਿਆਂ, ਅਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੇ ਮਹਾਨ ਆਦਰਸ਼ਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ। ਉਨ੍ਹਾਂ ਨੇ ਇਹ ਵੀ ਪ੍ਰਣ ਕੀਤਾ ਕਿ 18 ਸਾਲ ਦੀ ਉਮਰ ਪੂਰੀ ਹੋਣ ‘ਤੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਗੇ ਅਤੇ ਹਰ ਚੋਣ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨਗੇ। ਆਪਣੀ ਵੋਟ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਦੇ, ਪੂਰੀ ਅਜ਼ਾਦੀ ਅਤੇ ਸੋਚ-ਸਮਝ ਨਾਲ ਪਾਉਣਗੇ ਅਤੇ ਆਪਣੇ ਪਰਿਵਾਰਕ ਮੈਂਬਰਾਂ, ਗੁਆਂਢੀਆਂ ਅਤੇ ਜਾਣ-ਪਛਾਣ ਵਾਲਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਆਪਣੇ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਫਰਜ਼ਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਕਾਨੂੰਨ ਦਾ ਸਤਿਕਾਰ, ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਚੇਤਨਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਦੇ ਜਾਗਰੂਕ, ਇਮਾਨਦਾਰ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ।