ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਨਿੱਘਾ ਸਵਾਗਤ

ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਚੜਿੱਕ ਦੀ ਪੱਤੀ ਜੰਗੀਰ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਿੰਡ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਨਾਲ ਮਿਲ ਕੇ ਚੱਲਣ ਦਾ ਸੰਕਲਪ ਲਿਆ।

ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚੜਿੱਕ ਪੱਤੀ ਜੰਗੀਰ ਤੋਂ ਸੈਂਕੜੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਲੋਕ ਬਦਲਾਅ, ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਵਿਧਾਇਕ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰੇਕ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਵੀ ਪਰਿਵਾਰਕ ਮੈਂਬਰਾਂ ਵਾਂਗ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਨਵੇਂ ਸਾਥੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ, ਸਿੱਖਿਆ, ਸਿਹਤ ਸਹੂਲਤਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਹਾਜ਼ਰ ਪਾਰਟੀ ਆਗੂਆਂ ਨੇ ਵੀ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੈਂਕੜੇ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਪਿੰਡ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ।