
ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ, ਮੌਲਿਕ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਕੀਤਾ ਜਾਗਰੂਕ

ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣੂ ਕਰਵਾਉਣਾ ਸੀ। ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਕੋਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਵਾਇਆ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ, ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਸਹੁੰ ਚੁਕਾਈ। ਇਸ ਮੌਕੇ ਡਾਇਰੈਕਟਰ ਸੀਮਾ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ।

ਇਹ ਹਰੇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦੇਣ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਭਵਿੱਖ ਵਿੱਚ ਜਾਗਰੂਕ, ਜ਼ਿੰਮੇਵਾਰ ਅਤੇ ਆਦਰਸ਼ ਨਾਗਰਿਕ ਬਣ ਸਕਣ। ਚੇਅਰਮੈਨ ਰਾਘਵ ਸ਼ਰਮਾ ਨੇ ਕਿਹਾ ਕਿ 26 ਨਵੰਬਰ ਦਾ ਦਿਨ ਹਰੇਕ ਭਾਰਤੀ ਲਈ ਮਾਣ ਅਤੇ ਸਨਮਾਨ ਦਾ ਪ੍ਰਤੀਕ ਹੈ। ਇਸੇ ਦਿਨ ਸਾਲ 1949 ਵਿੱਚ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਦਾ ਅਹਿਸਾਸ ਵੀ ਕਰਵਾਉਂਦਾ ਹੈ। ਵਿਦਿਆਰਥੀਆਂ ਨੂੰ ਦੇਸ਼ ਦੇ ਕਾਨੂੰਨ ਦਾ ਸਤਿਕਾਰ ਕਰਦਿਆਂ ਅਨੁਸ਼ਾਸਨ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਭਾਰਤੀ ਸੰਵਿਧਾਨ ਵਿੱਚ ਦਰਜ ਸਮਾਨਤਾ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤ ਹਰੇਕ ਵਿਦਿਆਰਥੀ ਦੇ ਜੀਵਨ ਲਈ ਪ੍ਰੇਰਨਾਦਾਇਕ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਜਾਤੀ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਦਾ ਸਤਿਕਾਰ ਕਰਨ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਿੱਤੇ ਗਏ ਮੌਲਿਕ ਅਧਿਕਾਰਾਂ ਅਤੇ ਮੌਲਿਕ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ ਗਿਆ। ਸਮੁੱਚੇ ਸਮਾਗਮ ਦੌਰਾਨ ਵਿਦਿਆਰਥੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।