ਸਿੱਖਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੀ ਮਨੁੱਖਤਾ ਨੂੰ ਪਿਆਰ, ਸਮਾਨਤਾ, ਸੇਵਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦੇਣ ਵਾਲਾ ਪਵਿੱਤਰ ਮੌਕਾ : ਚੇਅਰਮੈਨ ਪ੍ਰਵੀਨ ਗਰਗ

Posted on


ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ, ਸਗੋਂ ਸਮੁੱਚੀ ਮਨੁੱਖਤਾ ਨੂੰ ਪਿਆਰ, ਸਮਾਨਤਾ, ਸੇਵਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦੇਣ ਵਾਲਾ ਪਵਿੱਤਰ ਮੌਕਾ ਹੈ। ਇਹ ਵਿਚਾਰ ਆਈ.ਐੱਸ.ਐੱਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾਇਰੈਕਟਰ ਆਈ.ਐੱਸ.ਐੱਫ.ਏ.ਐੱਲ. ਡਾ. ਮੁਸਕਾਨ ਗਰਗ ਅਤੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜੀ.ਡੀ. ਗੁਪਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈਆਂ ਦਿੰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਮਹਾਨ ਸਿੱਖਿਆਵਾਂ ਰਾਹੀਂ ਸਮਾਜ ਨੂੰ ਅੰਧਵਿਸ਼ਵਾਸ, ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਦਾ ਇੱਕ ਸਮਾਨ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ।

ਗੁਰੂ ਸਾਹਿਬ ਦਾ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦਾ ਸਿਧਾਂਤ ਅੱਜ ਵੀ ਹਰੇਕ ਵਿਅਕਤੀ ਦੇ ਜੀਵਨ ਲਈ ਮਾਰਗਦਰਸ਼ਕ ਹੈ। ਇਨ੍ਹਾਂ ਸਿੱਖਿਆਵਾਂ ਨੂੰ ਸਿਰਫ਼ ਸੁਣਨ ਤੱਕ ਸੀਮਤ ਨਾ ਰੱਖ ਕੇ ਆਪਣੇ ਵਿਹਾਰ ਅਤੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਲੋੜ ਹੈ। ਚੇਅਰਮੈਨ ਪ੍ਰਵੀਨ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸਿਖਾਇਆ ਕਿ ਸੱਚੀ ਭਗਤੀ ਸਿਰਫ਼ ਪੂਜਾ-ਪਾਠ ਤੱਕ ਸੀਮਤ ਨਹੀਂ, ਸਗੋਂ ਲੋੜਵੰਦਾਂ ਦੀ ਮਦਦ ਕਰਨਾ, ਭੁੱਖੇ ਨੂੰ ਭੋਜਨ ਛਕਾਉਣਾ, ਦੁਖੀਆਂ ਦੇ ਦੁੱਖ ਦੂਰ ਕਰਨਾ ਅਤੇ ਹਰੇਕ ਮਨੁੱਖ ਨਾਲ ਬਰਾਬਰ ਦਾ ਵਿਹਾਰ ਕਰਨਾ ਹੀ ਸੱਚੀ ਮਨੁੱਖੀ ਸੇਵਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿੱਚ ਵਧ ਰਹੀਆਂ ਆਪਸੀ ਦੂਰੀਆਂ ਅਤੇ ਤਣਾਅ ਨੂੰ ਖ਼ਤਮ ਕਰਨ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਬੇਹੱਦ ਜ਼ਰੂਰੀ ਹੈ। ਜੇਕਰ ਹਰੇਕ ਵਿਅਕਤੀ ਆਪਣੇ ਅੰਦਰ ਸੇਵਾ, ਨਿਮਰਤਾ, ਇਮਾਨਦਾਰੀ ਅਤੇ ਪਰਉਪਕਾਰ ਦੀ ਭਾਵਨਾ ਪੈਦਾ ਕਰੇ ਤਾਂ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਂਦੀ ਜਾ ਸਕਦੀ ਹੈ।

ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ ਅਤੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਧਰਮ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਪੂਰੀ ਦੁਨੀਆ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਸਫ਼ਲ ਕਰੀਅਰ ਬਣਾਉਣਾ ਹੀ ਨਹੀਂ, ਸਗੋਂ ਇੱਕ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨਾ ਵੀ ਹੈ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਮਿਹਨਤ, ਇਮਾਨਦਾਰੀ, ਸੱਚਾਈ ਅਤੇ ਦੂਜਿਆਂ ਦੀ ਮਦਦ ਕਰਨ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ‘ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ’ ਸਾਨੂੰ ਹਮੇਸ਼ਾ ਦੂਜਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਰੱਖਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਹਾਰਦਿਕ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਸਭ ’ਤੇ ਬਣੀ ਰਹੇ ਅਤੇ ਸਮਾਜ ਵਿੱਚ ਸ਼ਾਂਤੀ, ਸਦਭਾਵਨਾ, ਖੁਸ਼ਹਾਲੀ ਅਤੇ ਭਾਈਚਾਰੇ ਦਾ ਮਾਹੌਲ ਕਾਇਮ ਰਹੇ।

Leave a Reply

Your email address will not be published. Required fields are marked *

Most Popular

Exit mobile version