
ਬਰਾਬਰੀ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਹੀ ਸੰਵਿਧਾਨ ਦੀ ਆਤਮਾ ਹੈ : ਇੰਜੀ. ਜਨੇਸ਼ ਗਰਗ

ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ (ਟੀ.ਐਲ.ਐੱਫ.) ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸੰਵਿਧਾਨ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੇ ਸਮੂਹਿਕ ਪਾਠ ਨਾਲ ਕੀਤੀ ਗਈ। ਇਸ ਦੌਰਾਨ ਸਾਰਿਆਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ ਰਾਹੀਂ 26 ਨਵੰਬਰ, 1949 ਦੇ ਇਤਿਹਾਸਕ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ।

ਵਿਦਿਆਰਥੀਆਂ ਨੇ ਸੰਵਿਧਾਨ ਦੀ ਖਰੜਾ ਕਮੇਟੀ ਦੇ ਚੇਅਰਮੈਨ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵੱਲੋਂ ਦਿੱਤੇ ਗਏ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਆਤਮਾ ਹੈ। ਨੌਜਵਾਨ ਨਾਗਰਿਕ ਹੋਣ ਦੇ ਨਾਤੇ ਵਿਦਿਆਰਥੀਆਂ ਦਾ ਫਰਜ਼ ਹੈ ਕਿ ਉਹ ਸੰਵਿਧਾਨ ਦਾ ਸਤਿਕਾਰ ਕਰਨ, ਇਸ ਦੀ ਰੱਖਿਆ ਕਰਨ ਅਤੇ ਇਸ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।

ਉਨ੍ਹਾਂ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਨੂੰ ਸਾਲ 1947 ਵਿੱਚ ਸੰਵਿਧਾਨ ਦੀ ਖਰੜਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਅਗਵਾਈ ਹੇਠ ਖਰੜਾ ਕਮੇਟੀ ਨੇ ਸੰਵਿਧਾਨ ਤਿਆਰ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ। 26 ਨਵੰਬਰ, 1949 ਨੂੰ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਅਪਣਾਇਆ, ਜਦਕਿ ਇਸ ਨੂੰ 26 ਜਨਵਰੀ, 1950 ਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ। ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ 2 ਸਾਲ, 4 ਮਹੀਨੇ ਅਤੇ 18 ਦਿਨ ਦਾ ਸਮਾਂ ਲੱਗਿਆ। ਇਸ ਨੂੰ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਤਿਆਰ ਕੀਤਾ ਗਿਆ ਸੀ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਨੂੰ ਸਮਾਨਤਾ, ਆਜ਼ਾਦੀ ਅਤੇ ਨਿਆਂ ਦਾ ਅਧਿਕਾਰ ਪ੍ਰਦਾਨ ਕਰਦਾ ਹੈ। ਸੰਵਿਧਾਨ ਸਿਰਫ਼ ਦੇਸ਼ ਦੇ ਸੰਚਾਲਨ ਦਾ ਦਸਤਾਵੇਜ਼ ਨਹੀਂ, ਸਗੋਂ ਇਹ ਸਾਡੇ ਲੋਕਤੰਤਰ ਦੀ ਨੀਂਹ ਅਤੇ ਕੌਮੀ ਏਕਤਾ ਦਾ ਪ੍ਰਤੀਕ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਕੱਲ੍ਹ ਦੇ ਦੇਸ਼ ਦਾ ਭਵਿੱਖ ਅਤੇ ਜ਼ਿੰਮੇਵਾਰ ਨਾਗਰਿਕ ਬਣਨਗੇ। ਇਸ ਲਈ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਵੀ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਸਾਨੂੰ ਦੂਜਿਆਂ ਦੇ ਅਧਿਕਾਰਾਂ ਦਾ ਵੀ ਆਦਰ ਕਰਨਾ ਚਾਹੀਦਾ ਹੈ। ਇੱਕ ਚੰਗੇ ਨਾਗਰਿਕ ਵਜੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਸਦਭਾਵਨਾ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਸਾਨੂੰ ਇੱਕ ਸਮਾਨ ਅਤੇ ਨਿਆਂਪੂਰਨ ਸਮਾਜ ਦੀ ਸਥਾਪਨਾ ਲਈ ਪ੍ਰੇਰਿਤ ਕਰਦਾ ਹੈ। ਸੰਵਿਧਾਨ ਦੀ ਅਸਲ ਭਾਵਨਾ ਉਦੋਂ ਹੀ ਸਾਰਥਕ ਹੋਵੇਗੀ, ਜਦੋਂ ਅਸੀਂ ਇਸ ਦੇ ਆਦਰਸ਼ਾਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਨਾ ਰੱਖ ਕੇ ਆਪਣੇ ਰੋਜ਼ਾਨਾ ਜੀਵਨ ਵਿੱਚ ਵੀ ਅਪਣਾਵਾਂਗੇ। ਉਨ੍ਹਾਂ ਕਿਹਾ ਕਿ ਬਰਾਬਰੀ, ਆਪਸੀ ਸਹਿਯੋਗ, ਭਾਈਚਾਰਾ, ਸਹਿਣਸ਼ੀਲਤਾ ਅਤੇ ਦੂਜਿਆਂ ਪ੍ਰਤੀ ਸਤਿਕਾਰ ਵਰਗੇ ਮੁੱਲ ਇੱਕ ਮਜ਼ਬੂਤ ਸਮਾਜ ਅਤੇ ਸਸ਼ਕਤ ਲੋਕਤੰਤਰ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਸੰਵਿਧਾਨ ਹਰੇਕ ਨਾਗਰਿਕ ਨੂੰ ਸਮਾਨਤਾ, ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਅਤੇ ਨਿਆਂ ਦਾ ਅਧਿਕਾਰ ਦਿੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਬਚਪਨ ਤੋਂ ਹੀ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਵੀ ਵਿਕਸਿਤ ਕਰਨ, ਤਾਂ ਜੋ ਭਵਿੱਖ ਵਿੱਚ ਦੇਸ਼ ਦੇ ਵਿਕਾਸ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਹਾਂ-ਪੱਖੀ ਯੋਗਦਾਨ ਪਾ ਸਕਣ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਬਣਾਈ ਰੱਖਣ, ਕੌਮੀ ਏਕਤਾ ਨੂੰ ਮਜ਼ਬੂਤ ਕਰਨ ਅਤੇ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਦਿਵਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ, ਲੋਕਤੰਤਰੀ ਸੋਚ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਸ ਦੌਰਾਨ ਸਮੁੱਚਾ ਮਾਹੌਲ ਦੇਸ਼ਭਗਤੀ, ਏਕਤਾ ਅਤੇ ਕੌਮੀ ਮਾਣ ਦੀ ਭਾਵਨਾ ਨਾਲ ਭਰ ਗਿਆ।